Thu, 12 September 2024
Your Visitor Number :-   7220776
SuhisaverSuhisaver Suhisaver

ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਿਆਸੀ ਪਾਰਟੀਆਂ ਨੂੰ ਸਾਂਝੇ ਤੌਰ 'ਤੇ ਕੰਮ ਕਰਨ ਦਾ ਸੱਦਾ

Posted on:- 19-10-2014

suhisaver

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਸਿਆਸੀ ਵਖਰੇਵਿਆਂ ਤੋਂ ਉਪਰ ਉਠ ਕੇ ਸੂਬੇ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਲਈ ਇਕਜੁਟ ਹੋਣ ਦੀ ਅਪੀਲ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਤੇ ਦੇਸ਼ ਨੂੰ ਆਲਮੀ ਪੱਧਰ 'ਤੇ ਮੋਹਰੀ ਬਣਾਉਣ ਦਾ ਤਹੱਈਆ ਕੀਤਾ ਜਾਵੇ ਤਾਂ ਕਿ ਆਪਣੀ ਮਾਤ-ਭੂਮੀ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ 'ਚੋਂ ਮੁਕਤ ਕਰਨ ਲਈ ਆਪਣੀਆਂ ਅਣਮੁੱਲੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਤੇ ਦੇਸ਼ ਭਗਤਾਂ ਵੱਲੋਂ ਸੰਜੋਏ ਸੁਪਨੇ ਸਾਕਾਰ ਕੀਤੇ ਜਾ ਸਕਣ।

ਅੱਜ ਇੱਥੇ 25 ਏਕੜ ਰਕਬੇ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਾਣਮੱਤੀ ਜੰਗ-ਏ-ਆਜ਼ਾਦੀ ਯਾਦਗਾਰ ਦਾ ਨੀਂਹ ਪੱਥਰ ਰੱਖਣ ਦੇ ਇਤਿਹਾਸਕ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਯਾਦਗਾਰ ਕੌਮੀ ਆਜ਼ਾਦੀ ਸੰਘਰਸ਼ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਜਾਣੇ-ਅਣਜਾਣੇ ਨਾਇਕਾਂ ਨੂੰ ਸਮਰਪਿਤ ਇਕ ਨਿਮਾਣਾ ਜਿਹਾ ਉਪਰਾਲਾ ਹੈ, ਜਿਨ੍ਹਾਂ ਨੇ ਆਪਣੇ ਵਤਨ ਨੂੰ  
ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਕੀਮਤੀ ਜਾਨਾਂ ਨਿਛਾਵਰ ਕਰ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਮਹਾਨ ਸ਼ਹੀਦਾਂ ਵੱਲੋਂ ਕਿਆਸੇ ਬੇਰੁਜ਼ਗਾਰੀ, ਗਰੀਬੀ ਅਤੇ ਅਨਪੜ੍ਹਤਾ ਮੁਕਤ ਅਗਾਂਹਵਧੂ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨ ਦੀ ਇੱਛਾ ਨੂੰ ਪੂਰਾ ਕਰਨ ਦਾ ਵੀ ਪ੍ਰਣ ਲਿਆ ਜਾਵੇ।  
ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੀਆਂ ਬੇਮਿਸਾਲ ਤੇ ਵਿਲੱਖਣ ਕੁਰਬਾਨੀਆਂ ਨੂੰ ਚੇਤੇ ਕਰਦਿਆਂ ਉਨ੍ਹਾਂ ਆਖਿਆ ਕਿ ਦੇਸ਼ ਦੀ ਆਬਾਦੀ ਦਾ ਦੋ ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ। ਸ. ਬਾਦਲ ਨੇ ਅੱਗੇ ਆਖਿਆ ਕਿ ਇਹ ਹਰ ਪੰਜਾਬੀ ਲਈ ਬਹੁਤ ਮਾਣ ਤੇ ਫਖ਼ਰ ਵਾਲੀ ਗੱਲ ਹੈ ਕਿ ਦੇਸ਼ ਦੀਆਂ ਪ੍ਰਮੁੱਖ ਆਜ਼ਾਦੀ ਲਹਿਰਾਂ ਕੂਕਾ ਲਹਿਰ, ਗਦਰ ਲਹਿਰ, ਕਾਮਾਗਾਟਾਮਾਰੂ, ਪਗੜੀ ਸੰਭਾਲ ਜੱਟਾ, ਗੁਰਦੁਆਰਾ ਸੁਧਾਰ ਲਹਿਰ ਅਤੇ ਬੱਬਰ ਅਕਾਲੀ ਲਹਿਰ ਵੀ ਬਹਾਦਰ ਪੰਜਾਬੀਆਂ ਦੀ ਅਗਵਾਈ ਵਿੱਚ ਹੀ ਚੱਲੀਆਂ। ਉਨ੍ਹਾਂ ਕਿਹਾ ਕਿ ਦੁਆਬਾ ਖੇਤਰ ਦੇ ਮਹਾਨ ਸ਼ਹੀਦਾਂ ਵੱਲੋਂ ਆਜ਼ਾਦੀ ਸੰਗਰਾਮ ਵਿੱਚ ਦਿੱਤੇ ਅਹਿਮ ਯੋਗਦਾਨ ਦੇ ਸਤਿਕਾਰ ਵਜੋਂ ਉਨ੍ਹਾਂ ਦਾ ਸਿਰ ਝੁਕਦਾ ਹੈ ਅਤੇ ਜੰਗ-ਏ-ਆਜ਼ਾਦੀ ਯਾਦਗਾਰ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਇਕ ਸਿਜਦਾ ਹੈ ਜੋ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਚਾਨਣ ਮੁਨਾਰੇ ਸਿੱਧ ਹੋਵੇਗੀ।
Êਪੰਜਾਬੀਆਂ ਦੀ ਸੂਰਬੀਰਤਾ, ਦਲੇਰੀ ਤੇ ਸਾਹਸ ਦੇ ਅਜੋੜ ਜਜ਼ਬੇ ਦੀ ਸ਼ਲਾਘਾ ਕਰਦਿਆਂ ਸ. ਬਾਦਲ ਨੇ ਆਖਿਆ ਕਿ ਪੰਜਾਬੀਆਂ ਨੂੰ ਕੁਰਬਾਨੀ ਦਾ ਜਜ਼ਬਾ ਵਿਰਸੇ ਵਿੱਚ ਮਿਲਿਆ ਹੈ, ਜਿਨ੍ਹਾਂ ਨੇ ਮਾਸੂਮ ਅਤੇ ਮਦਦਹੀਣ ਲੋਕਾਂ ਦੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਬੇਇਨਸਾਫ਼ੀ, ਦਮਨ ਅਤੇ ਜ਼ੁਲਮ ਖਿਲਾਫ਼ ਲੜਾਈ ਲੜੀ। ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਅਮੀਰ ਵਿਰਸੇ ਦੇ ਪਾਸਾਰ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਜੰਗ-ਏ-ਆਜ਼ਾਦੀ ਫਾਊਂਡੇਸ਼ਨ ਦੀ ਕਾਰਜਕਾਰਨੀ ਵੱਲੋਂ ਇਸ ਦੇ ਪ੍ਰਧਾਨ ਤੇ ਅਜੀਤ ਪ੍ਰਕਾਸ਼ਨ ਸਮੂਹ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ਵਿੱਚ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਬੇਮਿਸਾਲ ਯੋਗਦਾਨ ਨੂੰ ਵਿਸ਼ਵ ਪੱਧਰੀ 'ਜੰਗ-ਏ-ਆਜ਼ਾਦੀ ਯਾਦਗਾਰ' ਵਜੋਂ ਰੂਪਮਾਨ ਕਰਕੇ ਉਨ੍ਹਾਂ (ਸ੍ਰੀ ਬਾਦਲ) ਵੱਲੋਂ ਸੰਜੋਏ ਸੁਪਨੇ ਨੂੰ ਹਕੀਕੀ ਰੂਪ ਦੇਣ ਦਾ ਮੁੱਢ ਬੰਨ੍ਹਿਆ ਹੈ। ਉਨ੍ਹਾਂ ਨੇ ਡਾ. ਹਮਦਰਦ ਨੂੰ ਇਸ ਬੇਸ਼ਕੀਮਤੀ ਪ੍ਰਾਜੈਕਟ ਨੂੰ 18 ਤੋਂ 24 ਮਹੀਨਿਆਂ ਵਿੱਚ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ।
ਇਨ੍ਹਾਂ ਯਾਦਗਾਰਾਂ ਦੀ ਅਸੀਮ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੌਮਾਂ ਹੀ ਜਿਉਂਦੀਆਂ ਰਹਿੰਦੀਆਂ ਹਨ, ਜੋ ਆਪਣੇ ਅਮੀਰ ਸੱਭਿਆਚਾਰ ਤੇ ਵਿਰਾਸਤ ਨੂੰ ਸੰਭਾਲ ਦੀਆਂ ਹਨ ਅਤੇ ਉਹ ਕੌਮਾਂ ਜਿਹੜੀਆਂ ਆਪਣੇ ਸ਼ਾਨਦਾਰ ਵਿਰਸੇ ਨੂੰ ਵਿਸਾਰ ਦਿੰਦੀਆਂ ਹਨ, ਉਹ ਕੌਮਾਂ ਲੁਪਤ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਇਸ ਵਿਚਾਰਧਾਰਾ ਨੂੰ ਅੱਗੇ ਤੋਰਦਿਆਂ ਪਹਿਲਾਂ ਹੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ਾਨਦਾਰ ਵਿਰਾਸਤ-ਏ-ਖਾਲਸਾ ਯਾਦਗਾਰ, ਕੁੱਪ ਰੋਹੀੜਾ ਵਿਖੇ ਵੱਡਾ ਘੱਲੂਘਾਰਾ ਯਾਦਗਾਰ, ਕਾਹਨੂੰਵਾਨ ਵਿਖੇ ਛੋਟਾ ਘੱਲੂਘਾਰਾ ਯਾਦਗਾਰ ਅਤੇ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਵਿਖੇ ਅਟਾਰੀ-ਅੰਮ੍ਰਿਤਸਰ ਰੋਡ 'ਤੇ ਦੇਸ਼ ਦੀ ਆਨ ਤੇ ਸ਼ਾਨ ਦੀ ਰਾਖੀ ਲਈ ਕੁਰਬਾਨੀਆਂ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸਮਰਪਿਤ 'ਜੰਗੀ ਯਾਦਗਾਰ ਤੇ ਸਮਾਰਕ' ਦੀ ਉਸਾਰੀ ਕੀਤੀ ਜਾ ਰਹੀ ਹੈ।  
ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਭਾਸ਼ਣ ਇਕ ਸ਼ੇਅਰ 'ਸਦਾ ਕਾਮਯਾਬੀ ਚੁੰਮੇ ਪੈਰ ਉਸਦੇ ਜਿਨ੍ਹਾਂ ਕੌਮਾਂ ਨੂੰ ਮਰਨ ਦਾ ਝੱਲ ਪੈ ਜਏ, ਮੁੱਲ ਪੈਂਦਾ ਏ ਸਦਾ ਕੁਰਬਾਨੀਆਂ ਦਾ ਭਾਵੇਂ ਅੱਜ ਪੈ ਜਏ ਭਾਵੇਂ ਕੱਲ੍ਹ ਪੈ ਜਏ'। ਉਨ੍ਹਾਂ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਬਰਜਿੰਦਰ ਸਿੰਘ ਹਮਦਰਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ਦਾ ਦੌਰਾ ਕਰਕੇ ਨਾਮਵਰ ਇਤਿਹਾਸਕਾਰਾਂ ਦੇ ਸਹਿਯੋਗ ਨਾਲ ਇਸ ਯਾਦਗਾਰ ਦਾ ਸੁਪਨਾ ਸਾਕਾਰ ਕਰਨ ਦੀ ਨੀਂਹ ਰੱਖੀ।
ਇਸ ਮੌਕੇ ਛੱਤੀਸਗੜ੍ਹ ਦੇ ਰਾਜਪਾਲ ਬਲਰਾਮ ਜੀ ਦਾਸ ਟੰਡਨ ਨੇ ਆਖਿਆ ਕਿ ਇਹ ਅਹਿਮ ਯਾਦਗਾਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਦਾ ਸਰੋਤ ਹੋਵੇਗੀ ਕਿਉਂ ਜੋ ਸਾਡੇ ਨੌਜਵਾਨਾਂ ਦਾ ਵੱਡਾ ਵਰਗ ਅਮੀਰ ਸੱਭਿਅਕ ਵਿਰਾਸਤ ਤੋਂ ਅਣਜਾਣ ਹੈ। Êਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ ਨੇ ਕਿਹਾ ਕਿ ਬਹਾਦਰੀ ਤੇ ਕੁਰਬਾਨੀ ਦਾ ਅਜ਼ੀਮ ਜਜ਼ਬਾ ਨਾ ਸਿਰਫ ਪੰਜਾਬੀਆਂ ਦੇ ਖੂਨ ਵਿੱਚ ਹੈ ਸਗੋਂ ਉਨ੍ਹਾਂ ਦੇ ਡੀ.ਐਨ.ਏ. ਵਿੱਚ ਵੀ ਮੌਜੂਦ ਹੈ। ਜੰਗ-ਏ-ਆਜ਼ਾਦੀ ਫਾਊਂਡੇਸ਼ਨ ਦੀ ਕਾਰਜਕਾਰਨੀ ਦੇ ਪ੍ਰਧਾਨ ਡਾ.ਬਰਜਿੰਦਰ ਸਿੰਘ ਹਮਦਰਦ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਇਸ ਯਾਦਗਾਰ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਉੱਘੇ ਇਤਿਹਾਸਕਾਰਾਂ ਤੇ ਬੁੱਧੀਜੀਵੀਆਂ ਖਾਸ ਤੌਰ 'ਤੇ ਡਾ. ਕ੍ਰਿਪਾਲ ਸਿੰਘ, ਡਾ. ਜੇ.ਐਸ. ਗਰੇਵਾਲ ਅਤੇ ਸ੍ਰੀ ਕੇ.ਐਲ. ਟੁਟੇਜਾ 'ਤੇ ਅਧਾਰਿਤ ਸੰਕਲਪ ਕਮੇਟੀ ਵੱਲੋਂ ਬਹੁਤ ਦੀ ਡੂੰਘੀ ਖੋਜ ਤੇ ਅਧਿਐਨ ਤੋਂ ਮਗਰੋਂ ਇਸ ਸੁਪਨਮਈ ਪ੍ਰਾਜੈਕਟ ਨੂੰ ਸਾਕਾਰ ਕਰਨ ਵਿੱਚ ਸਫਲਤਾ ਮਿਲੀ ਹੈ। ਡਾ. ਹਮਦਰਦ ਨੇ ਕੌਮਾਂਤਰੀ ਪ੍ਰਸਿੱਧੀ ਹਾਸਲ ਸ਼ਿਲਪਕਾਰ ਸ੍ਰੀ ਰਾਜ ਰਾਵੇਲ ਦੀ ਸ਼ਲਾਘਾ ਕਰਦਿਆਂ ਆਖਿਆ ਉਨ੍ਹਾਂ ਦੀ ਅਜ਼ੀਮ ਸ਼ਿਲਪਕਾਰੀ ਨਿਪੁੰਨਤਾ ਸਦਕਾ ਹੀ ਮੁੱਖ ਮੰਤਰੀ ਦੀ ਦੂਰਦਰਸ਼ੀ ਅਗਵਾਈ ਹੇਠ ਇਸ ਪ੍ਰਾਜੈਕਟ ਨੂੰ ਸ਼ੁਰੂ ਕੀਤਾ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਵਿੱਚ ਉਸਾਰੀ ਜਾਣ ਵਾਲੀ 150 ਫੁੱਟ ਉੱਚੀ ਮੀਨਾਰ-ਏ-ਸ਼ਹੀਦਾਂ ਇਸ ਦਾ ਮੁੱਖ ਆਕਰਸ਼ਣ ਹੋਵੇਗੀ। ਆਪਣੇ ਸਵਾਗਤੀ ਭਾਸ਼ਣ ਵਿੱਚ ਸੱਭਿਆਚਾਰਕ ਤੇ ਸੈਰ ਸਪਾਟਾ ਮੰਤਰੀ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਇਸ ਯਾਦਗਾਰ ਦੇ ਨੀਂਹ ਪੱਥਰ ਨਾਲ ਸੂਬਾ ਸਰਕਾਰ ਨੇ ਆਪਣੇ ਮਹਾਨ ਵਿਰਸੇ ਨੂੰ ਸੰਭਾਲਣ ਲਈ ਇਕ ਨਵਾਂ ਅਧਿਆਏ ਸਿਰਜਿਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਉੱਘੇ ਬੁੱਧੀਜੀਵੀ ਤੇ ਇਤਿਹਾਸਕਾਰ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ, ਡਾ. ਪ੍ਰਿਥੀਪਾਲ ਸਿੰਘ ਕਪੂਰ ਤੇ ਡਾ. ਹਰੀਸ਼ ਸ਼ਰਮਾ ਤੋਂ ਇਲਾਵਾ ਨਾਮਵਰ ਫਿਲਮ ਨਿਰਦੇਸ਼ਕ ਡਾ. ਸ਼ਿਆਮ ਬੈਨੇਗਲ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਡਲ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਅਜੀਤ ਸਿੰਘ ਕੋਹਾੜ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਚੂਨੀ ਲਾਲ ਭਗਤ ਤੇ ਪਰਮਿੰਦਰ ਸਿੰਘ ਢੀਂਡਸਾ (ਸਾਰੇ ਕੈਬਨਿਟ ਮੰਤਰੀ), ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਬਲਵਿੰਦਰ ਸਿੰਘ ਭੂੰਦੜ, ਪੁਡੂਚੇਰੀ ਦੇ ਸਾਬਕਾ ਉਪ ਰਾਜਪਾਲ ਇਕਬਾਲ ਸਿੰਘ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਐਚਐਸ ਹੰਸਪਾਲ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੀਕਸ਼ਣ ਸੂਦ, ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਜੰਗਵੀਰ ਸਿੰਘ, ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਕੇ.ਡੀ. ਭੰਡਾਰੀ, ਪਵਨ ਟੀਨੂੰ, ਇੰਦਰਬੀਰ ਸਿੰਘ ਬੁਲਾਰੀਆ ਤੇ ਪ੍ਰੋ. ਵਿਰਸਾ ਸਿੰਘ ਵਲਟੋਹਾ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਸਾਬਕਾ ਮੰਤਰੀ ਬੀਬੀ ਜਾਗੀਰ ਕੌਰ, ਸਰਵਣ ਸਿੰਘ ਫਿਲੌਰ ਤੇ ਮਨੋਰੰਜਨ ਕਾਲੀਆ, ਵਿਧਾਇਕ ਮਨਜੀਤ ਸਿੰਘ ਮੀਆਂਵਿੰਡ ਤੋਂ ਇਲਾਵਾ ਅਕਾਲੀ ਦਲ ਤੇ ਭਾਜਪਾ ਵਰਕਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਲ ਸਨ।
ਇਸ ਮੌਕੇ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਐਸ.ਕੇ. ਸੰਧੂ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਸਿੰਘ ਚੀਮਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੇ.ਕੇ. ਯਾਦਵ ਸ਼ਾਮਲ ਸਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ