ਵੱਖਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਸੁਪਨਾ ਪੂਰਾ ਨਹੀਂ ਹੋਵੇਗਾ : ਬਾਦਲ
Posted on:- 06-07-2014
ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਦੇ ਨਵੇਂ ਉਸਾਰੇ ਗਏ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਦਾਖਲ ਨਸ਼ੇੜੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇੜੀਆਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਕੇ ਇਨ੍ਹਾਂ ਦੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਦੇ ਨਾਲ ਹੀ ਮੁੜ ਵਸੇਬਾ ਕੇਂਦਰ ਵੀ ਬਣਾਏ ਜਾਣਗੇ। ਜਿਨ੍ਹਾਂ ਵਿੱਚ ਉਨ੍ਹਾਂ ਨੂੰ ਵੱਖ ਵੱਖ ਤਰ੍ਹਾਂ ਦੀ ਹੱਥ ਦਸਤਕਾਰੀ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਬਣਾਏ ਗਏ ਸਾਰੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕਰ ਰਹੇ ਹਨ ਅਤੇ ਜਿਸ ਕਿਸੇ ਕੇਂਦਰ ਵਿੱਚ ਕੋਈ ਸਹੂਲਤ ਦੀ ਘਾਟ ਹੈ ਤਾਂ ਉਹ ਤੁਰੰਤ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਸਿੱਟੇ ਨਜ਼ਰ ਆ ਰਹੇ ਹਨ।
ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਹਰਿਆਣੇ ਵਿੱਚ ਵੱਖਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਚੋਣ ਸਟੰਟ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਦੁੱਖ ਹੈ ਕਿ ਕਾਂਗਰਸ ਪਾਰਟੀ ਹਮੇਸ਼ਾਂ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖਲਅੰਦਾਜ਼ੀ ਕਰਦੀ ਆ ਰਹੀ ਹੈ। ਪਹਿਲਾਂ ਇਸ ਨੇ ਸ਼੍ਰੀਹਰਮਿੰਦਰ ਸਾਹਿਬ ’ਤੇ ਹਮਲਾ ਕੀਤਾ ਅਤੇ ਫਿਰ 1984 ਦੇ ਦੰਗੇ ਕਰਵਾਏ ਅਤੇ ਹੁਣ ਇਹ ਤੀਸਰਾ ਹਮਲਾ ਹਰਿਆਣੇ ਵਿੱਚ ਵੱਖਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਬਣਾਉਣ ਵਾਸਤੇ ਕੀਤਾ ਹੈ, ਜੋ ਕਦੇ ਵੀ ਸਫ਼ਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾ ਵੀ ਕਾਂਗਰਸ ਪਾਰਟੀ ਨੇ ਹਰਿਆਣਾ ਵਿੱਚ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਅਪੀਲ ਕੀਤੀ ਸੀ ਪਰ ਉਨ੍ਹਾਂ ਨੇ ਵੱਖਰੀ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਬਣਾਉਣ ਤੋਂ ਮੰਨਾ ਕਰ ਦਿੱਤਾ ਸੀ। ਮੈਨੂੰ ਪੂਰਨ ਆਸ਼ਾ ਹੈ ਕਿ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਹ ਮੰਗ ਨਹੀਂ ਮਨਣਗੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਚੋਣਾਂ ਤੱਕ ਹੀ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਹੁੱਡਾ ਦਾ ਚੋਣ ਸਟੰਟ ਹੈ ਬਾਅਦ ਵਿੱਚ ਇਹ ਵੀ ਮੁਦਾ ਖਤਮ ਹੋ ਜਾਣਾ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੜੀਆਂ ਵੱਡੀਆਂ ਕੁਰਬਾਨੀਆਂ ਕਰਨ ਤੋਂ ਬਾਅਦ ਬਣੀ ਹੈ ਅਤੇ ਇਸ ਵਿੱਚ ਪੂਰੇ ਦੇਸ਼ ਵਿਚੋਂ ਮੈਂਬਰ ਸ਼ਾਮਲ ਹਨ ਅਤੇ ਇਹ ਸਿੱਖਾਂ ਦੀ ਪਾਰਲੀਮੈਂਟ ਹੈ, ਕਿਸੇ ਨੂੰ ਵੀ ਕੋਈ ਹੱਕ ਨਹੀਂ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਵਿਧਾਨ ਵਿੱਚ ਕੋਮਾ ਵੀ ਬਦਲ ਸਕੇ।
ਇਸੇ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਬਟਾਲਾ ਦੇ ਨਸ਼ਾ ਮੁਕਤੀ ਕੇਂਦਰ ਦਾ ਵੀ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਨਸ਼ਾ ਮੁਕਤੀ ਕੇਂਦਰ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਜ਼ੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ ਕੀਤੀ।