ਹਰਿਆਣਾ ਸਰਕਾਰ ਨੇ ਅੱਜ ਅਡਹਾਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 41 ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ। ਇਸ ਕਮੇਟੀ ਦੇ ਮੈਂਬਰ ਸੂਬੇ ਦੇ ਗੁਰਦੁਆਰਿਆਂ ਦਾ ਪ੍ਰਬੰਧ, ਦੇਖ਼ਭਾਲ ਤੇ ਨਿਗਰਾਨੀ ਅਤੇ ਜਾਇਦਾਦ ਦਾ ਕਾਰਜਭਾਰ ਸੰਭਾਲਣਗੇ, ਜਿਸ ਵਿੱਚ ਹਰ ਤਰ੍ਹਾਂ ਦੀ ਚੱਲ ਤੇ ਅਚੱਲ ਜਾਇਦਾਦ ਸ਼ਾਮਲ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਕਮੇਟੀ ਦਾ ਗਠਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ 2014 ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ ਦੇ ਤਹਿਤ ਜਦੋਂ ਤੱਕ ਨਵੀਂ ਕਮੇਟੀ ਦੀ ਚੋਣ ਨਹੀਂ ਹੋ ਜਾਂਦੀ, ਉਦੋਂ ਤੱਕ ਇਹ ਕਮੇਟੀ ਸੂਬੇ ਦੇ ਗੁਰਦੁਆਰਿਆਂ ਦਾ ਪ੍ਰਬੰਧ ਤੇ ਕਾਰਜਭਾਰ ਸੰਭਾਲੇਗੀ। 41 ਮੈਂਬਰਾਂ ਵਿੱਚ ਜਗਦੀਸ਼ ਸਿੰਘ ਝੀਂਡਾ ਤੇ ਦੀਦਾਰ ਸਿੰਘ ਨਲਵੀ ਦੇ ਨਾਂ ਪ੍ਰਮੁੱਖ ਤੌਰ ’ਤੇ ਸ਼ਾਮਲ ਹਨ।