ਹਰਿਆਣਾ ਦੇ ਗੁਰਦੁਆਰਿਆਂ ਦੀ ਸਥਿਤੀ ਜਿਉਂ ਦੀ ਤਿਉਂ ਬਣੀ ਰਹੇ : ਸੁਪਰੀਮ ਕੋਰਟ
Posted on:- 08-08-2014
ਸੁਪਰੀਮ ਕੋਰਟ ਨੇ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਹੁਕਮ ਦਿੱਤਾ ਹੈ ਕਿ ਹਰਿਆਣਾ ਦੇ ਸਾਰੇ 52 ਗੁਰਦੁਆਰਿਆਂ ਵਿੱਚ ਮੌਜੂਦਾ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖੀ ਜਾਵੇ।
ਚੀਫ਼ ਜਸਟਿਸ ਆਰ ਐਮ ਲੋਢਾ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕੁਰੂਕਸ਼ੇਤਰ ਨਿਵਾਸੀ ਅਤੇ ਐਸਜੀਪੀਸੀ ਮੈਂਬਰ ਹਰਭਜਨ ਸਿੰਘ ਦੀ ਅਰਜ਼ੀ ’ਤੇ ਸੁਣਵਾਈ ਦੌਰਾਨ ਦੋਵੇਂ ਕਮੇਟੀਆਂ ਨੂੰ ਗੁਰਦੁਆਰਿਆਂ ’ਚ ਮੌਜੂਦਾ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 25 ਅਗਸਤ ਦੀ ਤਾਰੀਖ਼ ਤੈਅ ਕੀਤੀ ਹੈ।
ਅਦਾਲਤ ਨੇ ਦੋਵੇਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੱਖ ਵੱਖ ਬੈਂਕ ਖ਼ਾਤੇ ਖੋਲ੍ਹਣ ਦਾ ਵੀ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਐਚਐਸਜੀਪੀਸੀ ਅਤੇ ਐਸਜੀਪੀਸੀ ਸੂਬੇ ਦੇ ਸਾਰੇ 52 ਗੁਰਦੁਆਰਿਆਂ ਵਿੱਚ ਸ਼ਰਧਾਲੂਆਂ ਦੁਆਰਾ ਚੜਾਏ ਗਏ ਚੜਾਵੇ ਨੂੰ ਆਪਣੇ ਆਪਣੇ ਬੈਂਕ ਖ਼ਾਤਿਆਂ ਵਿੱਚ ਜਮ੍ਹਾਂ ਰੱਖਣਗੀਆਂ। ਸਰਬ ਉਚ ਅਦਾਲਤ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਵੀ ਹੁਕਮ ਦਿੱਤਾ ਹੈ ਕਿ ਉਹ ਇਨ੍ਹਾਂ ਗੁਰਦੁਆਰਿਆਂ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕਰਨ। ਹਰਿਆਣਾ ਦੇ ਜਿਹੜੇ 52 ਗੁਰਦੁਆਰਿਆਂ ਵਿੱਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦਾ ਹੁਕਮ ਦਿੱਤਾ ਗਿਆ ਹੈ, ਉਨ੍ਹਾਂ ਵਿੱਚ 8 ਇਤਿਹਾਸਕ ਗੁਰਦੁਆਰੇ ਸ਼ਾਮਲ ਹਨ। ਜਦਕਿ 17 ਗੁਰਦੁਆਰਿਆਂ ਦੀ ਕਮਾਈ ਸਾਲਾਨਾ 20 ਲੱਖ ਤੋਂ ਵਧ ਹੈ। ਬਾਕੀ ਗੁਰਦੁਆਰਿਆਂ ਦੀ ਸਾਲਾਨਾ ਆਮਦਨ 20 ਲੱਖ ਰੁਪਏ ਤੋਂ ਘੱਟ ਹੈ।
ਅਰਜ਼ੀਕਰਤਾ ਨੇ ਹਾਲ ਹੀ ਵਿੱਚ ਹਰਿਆਣਾ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਨ ਕਾਨੂੰਨ (ਐਚਐਸਜੀਐਮਏ) 2014 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਦੀ ਦਲੀਲ ਹੈ ਕਿ ਸਬੰਧਤ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਵਿਧਾਨ ਸਭਾ ਨੂੰ ਨਹੀਂ ਹੈ। ਇਸ ਲਈ ਇਸ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਜਾਣਾ ਚਾਹੀਦਾ ਹੈ। ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬੰਧ ਵਿਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਹੋਵੇਗੀ। ਉਨ੍ਹਾਂ ਕਿਹਾ ਕਿ ਅਦਾਲਤ ਨੇ ਗੁਰਦੁਆਰਿਆਂ ਦੇ ਵੱਖ-ਵੱਖ ਖਾਤੇ ਖੋਲ੍ਹਣ ਨੂੰ ਕਿਹਾ ਹੈ। ਮੁੱਖ ਮੰਤਰੀ ਅੱਜ ਇੱਥੇ ਆਯੋਜਿਤ ਹਰਿਆਣਾ ਕੈਬਿਨੇਟ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਕ ਸੁਆਲ ਦੇ ਜਵਾਬ ਵਿਚ ਸ੍ਰੀ ਹੁੱਡਾ ਨੇ ਕਿਹਾ ਕਿ ਲੋਕਾਂ ਨੂੰ ਸ਼ਾਂਤੀ ਕਾਇਮ ਕਰਨ ਦੀ ਅਪੀਲ ਕਰਦੇ ਹਾਂ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਪਹਿਲਾਂ ਵੀ ਅਪੀਲ ਕਰ ਚੁੱਕੇ ਹਨ ਕਿ ਉਹ ਹਰਿਆਣਾ ਦੇ ਸਿੱਖਾਂ ਨੂੰ ਆਪਣੇ ਗੁਰੂ ਘਰਾਂ ਦੀ ਸੇਵਾ ਕਰਨ ਦਾ ਅਧਿਕਾਰ ਦੇਣ।
ਕੁਰੂਕੇਸ਼ਤਰ ਦੀ ਘਟਨਾ ਦੇ ਸਬੰਧੀ ਪੁੱਛੇ ਗਏ ਇੱਕ ਸੁਆਲ ਦੇ ਜਵਾਬ ਵਿਚ ਸ੍ਰੀ ਹੁੱਡਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜ਼ਾਜਤ ਨਹੀਂ ਹੋਵੇਗੀ।
ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਇੱਕ ਵੱਖਰਾ ਕਾਨੂੰਨ ਬਣਾ ਕੇ ਸੂਬੇ ਦੇ ਗੁਰਦੁਆਰਿਆਂ ਦਾ ਪ੍ਰਬੰਧ ਐਸਜੀਪੀਸੀ ਤੋਂ ਵੱਖ ਕਰ ਲਿਆ ਹੈ, ਜਿਸ ਦਾ ਵੱਡੇ ਪੱਧਰ ’ਤੇ ਵਿਰੋਧ ਹੋ ਰਿਹਾ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਦਾ ਇਹ ਫੈਸਲਾ ਸਿੱਖ ਪੰਥ ਨੂੰ ਵੰਡਣ ਦਾ ਯਤਨ ਹੈ।
ਦੱਸਣਾ ਬਣਦਾ ਹੈ ਕਿ ਹਰਿਆਣਾ ਵਿਚਲੇ ਇਤਿਹਾਸਕ ਗੁਰਦੁਆਰਿਆਂ ਸਮੇਤ ਕਈ ਹੋਰਨਾਂ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਬੀਤੇ ਕੱਲ੍ਹ ਨਵੀਂ ਬਣੀ ਐਚਐਸਜੀਪੀਸੀ ਦੇ ਸਮਰਥਕਾਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ, ਜਿਸ ਦੌਰਾਨ ਕਈ ਦਰਜਨਾਂ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਗੁਰਦੁਆਰਿਆਂ ਦਾ ਪ੍ਰਬੰਧ ਪਹਿਲਾਂ ਐਸਜੀਪੀਸੀ ਦੇ ਕੋਲ ਹੈ।