ਕਾ. ਭਗਵੰਤ ਸਮਾਓਂ ਉੱਪਰ ਜਾਨਲੇਵਾ ਹਮਲਾ ਕਰਨ ਦੀ ਸਖ਼ਤ ਨਿਖੇਧੀ
Posted on:- 06-06-2016
ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਸੂਬਾ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਕੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਅਤੇ ਸਿਆਸੀ ਕਾਰਕੁਨ ਕਾ. ਭਗਵੰਤ ਸਮਾਓਂ ਉੱਪਰ ਮਾਨਸਾ ਜ਼ਿਲ੍ਹੇ ਦੇ ਪਿੰਡ ਬੋੜਾਵਾਲ ਦੇ ਅਕਾਲੀ ਸਰਪੰਚ ਅਤੇ ਉਸਦੇ ਜੋਟੀਦਾਰਾਂ ਵਲੋਂ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਪਿੰਡ ਦੇ ਸਰਪੰਚ ਦਾ ਇਹ ਐਲਾਨ ਜਗੀਰੂ ਧੌਂਸ ਦਾ ਸ਼ਰੇਆਮ ਐਲਾਨ ਹੈ ਕਿ ਉਸਦੀ ਇਜਾਜ਼ਤ ਤੋਂ ਬਗ਼ੈਰ ਪਿੰਡ ਵਿਚ ਕੋਈ ਮੀਟਿੰਗ ਨਹੀਂ ਕੀਤੀ ਜਾ ਸਕਦੀ।
ਸਭਾ ਦੇ ਆਗੂਆਂ ਨੇ ਕਿਹਾ ਕਿ ਇਹ ਨਾ ਸਿਰਫ਼ ਨਾਗਰਿਕਾਂ ਦੇ ਜਮਹੂਰੀ ਹੱਕ ਉੱਪਰ ਸਗੋਂ ਆਪਣੇ ਹੱਕਾਂ ਲਈ ਇਕੱਠੇ ਹੋਣ ਤੇ ਜਥੇਬੰਦ ਹੋਣ ਦੇ ਸੰਵਿਧਾਨਕ ਹੱਕ ਉੱਪਰ ਸਿੱਧਾ ਹਮਲਾ ਹੈ। ਦੱਬੇਕੁਚਲੇ ਲੋਕਾਂ ਦੇ ਆਪਣੇ ਹੱਕਾਂ ਲਈ ਜਾਗਰੂਕ ਹੋਣ ਅਤੇ ਧਨਾਢਾਂ ਦੇ ਦਾਬੇ ਹੇਠੋਂ ਨਿਕਲਕੇ ਜਥੇਬੰਦ ਹੋਣ ਤੋਂ ਪੇਂਡੂ ਧਨਾਢ ਬੌਖਲਾਏ ਹੋਏ ਹਨ ਅਤੇ ਉਨ੍ਹਾਂ ਦੀ ਹੱਕ-ਜਤਾਈ ਨੂੰ ਰੋਕਣ ਲਈ ਜਿਸਮਾਨੀ ਹਮਲਿਆਂ ’ਤੇ ਉੱਤਰ ਆਏ ਹਨ। ਇਸ ਸਰਪੰਚ ਦੀ ਹੈਂਕੜਬਾਜ਼ੀ ਦੀ ਇਹ ਪਹਿਲੀ ਘਟਨਾ ਨਹੀਂ ਹੈ। ਇਹ ਲੋਕ ਜਥੇਬੰਦੀਆਂ ਦੇ ਆਗੂਆਂ ਨੂੰ ਡਰਾ-ਧਮਕਾਕੇ ਜਥੇਬੰਦ ਹੋਣ ਤੋਂ ਰੋਕਣ ਲਈ ਪਹਿਲਾਂ ਵੀ ਅਜਿਹੇ ਹੱਥਕੰਡੇ ਵਰਤਦਾ ਰਿਹਾ ਹੈ। ਸਭਾ ਦੇ ਆਗੂਆਂ ਨੇ ਮੰਗ ਕੀਤੀ ਕਿ ਹਮਲਾ ਕਰਨ ਲਈ ਜ਼ਿੰਮੇਵਾਰ ਸਾਰੇ ਹਮਲਾਵਰਾਂ ਨੂੰ ਗਿ੍ਰਫ਼ਤਾਰ ਕੀਤਾ ਜਾਵੇ ਅਤੇ ਸਰਪੰਚ ਤੇ ਉਸਦੇ ਜੋਟੀਦਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਕਿਰਤੀ ਤੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਅਤੇ ਸੰਵਿਧਾਨਕ ਹੱਕਾਂ ਨੂੰ ਟਿੱਚ ਸਮਝਣ ਦੇ ਹੈਂਕੜਬਾਜ਼ ਰੁਝਾਨ ਨੂੰ ਠੱਲ ਪਾਈ ਜਾਵੇ।