ਐਡਵੋਕੇਟ ਵਾਂਚੀ ਨਾਥਨ ਦੀ ਗ੍ਰਿਫ਼ਤਾਰੀ ਵਿਰੁੱਧ ਆਵਾਜ਼ ਉਠਾਓ
Posted on:- 29-06-2018
ਸੂਬਾ ਕਮੇਟੀ, ਜਮਹੂਰੀ ਅਧਿਕਾਰ ਸਭਾ ਪੰਜਾਬ ਉੱਘੇ ਵਕੀਲ ਸ਼੍ਰੀ ਵਾਂਚੀ ਨਾਥਨ ਨੂੰ ਮਦਰਾਸ ਪੁਲਿਸ ਵਲੋਂ ਚੇਨਈ ਹਵਾਈ ਅੱਡੇ ਤੋਂ ਗਿ੍ਰਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਉਹਨਾਂ ਨੂੰ ਤੁਰੰਤ ਰਿਹਾਅ ਕੀਤੇ ਜਾਣ ਦੀ ਮੰਗ ਕਰਦੀ ਹੈ। ਐਡਵੋਕੇਟ ਵਾਂਚੀ ਨਾਥਨ ਪੀਪਲਜ਼ ਰਾਈਟਸ ਪ੍ਰੋਟੈਕਸ਼ਨ ਸੈਂਟਰ ਦੇ ਸੂਬਾ ਕੋਆਰਡੀਨੇਟਰ ਹਨ ਅਤੇ ਮਦਰਾਸ ਹਾਈਕੋਰਟ ਦੇ ਮਧੂਰਾਏ ਬੈਂਚ ਵਿਖੇ ਪ੍ਰੈਕਟਿਸ ਕਰ ਰਹੇ ਵਕੀਲ ਹੈ। ਤਾਮਿਲਨਾਡੂ ਦੇ ਤੂਤੀਕੋਰੀਨ ਦੇ ਲੋਕ ਬਹੁਕੌਮੀ ਕਾਰਪੋਰੇਟ ਸਮੂਹ ਵੇਦਾਂਤ ਗਰੁੱਪ ਦੀ ਸਟਰਲਾਈਟ ਕੰਪਨੀ ਦੇ ਤੂਤੀਕੋਰੀਨ ਪਲਾਂਟ ਵਲੋਂ ਫੈਲਾਏ ਜਾ ਰਹੇ ਭਿਆਨਕ ਪ੍ਰਦੂਸ਼ਨ ਵਿਰੁੱਧ ਜਾਨਹੂਲਵੀਂ ਲੜਾਈ ਲੜ ਰਹੇ ਹਨ ਜਿਹਨਾਂ ਦੇ ਪੁਰਅਮਨ ਪ੍ਰਦਰਸ਼ਨ ਉੱਪਰ ਫਾਸ਼ੀਵਾਦੀ ਹਮਲੇ ਕਰਕੇ ਪੁਲਿਸ ਵਲੋਂ 13 ਲੋਕਾਂ ਦੀ ਹੱਤਿਆ ਕੀਤੀ ਗਈ ਅਤੇ ਆਗੂਆਂ ਤੇ ਸਰਗਰਮ ਕਾਰਕੁੰਨਾਂ ਸਮੇਤ ਬਹੁਤ ਸਾਰੇ ਲੋਕਾਂ ਉੱਪਰ ਸੰਗੀਨ ਧਾਰਾਵਾਂ ਲਾਕੇ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ।
ਐਡਵੋਕੇਟ ਵਾਂਚੀ ਨਾਥਨ ਨੇ ਆਮ ਨਾਗਰਿਕਾਂ ਅਤੇ ਸਟਰਲਾਈਟ ਵਿਰੁੱਧ ਸੰਘਰਸ਼ ਕਰ ਰਹੇ ਗਰੁੱਪਾਂ ਵਲੋਂ ਲੜੀ ਜਾ ਰਹੀ ਲੜਾਈ ਵਿਚ ਉਹਨਾਂ ਦੇ ਵਕੀਲ ਹਨ ਅਤੇ ਰਾਤ ਇਕ ਵਜੇ ਉਹਨਾਂ ਨੂੰ ਗਿ੍ਰਫ਼ਤਾਰ ਕਰਕੇ ਉਹਨਾਂ ਉੱਪਰ ਇੰਡੀਅਨ ਪੀਨਲ ਕੋਡ ਦੀਆਂ ਧਾਰਾਵਾਂ 147, 148, 188, 353, 506(2) ਅਤੇ ਟੀ.ਐੱਨ. ਪੀ.ਪੀ.ਡੀ.ਐੱਲ. ਐਕਟ ਦੇ ਸੈਕਸ਼ਨ 3 ਤਹਿਤ ਫ਼ੌਜਦਾਰੀ ਜੁਰਮ ਦਾ ਕੇਸ ਪਾ ਦਿੱਤਾ ਗਿਆ ਹੈ। ਇਹ ਸਪਸ਼ਟ ਤੌਰ ਇਕ ਪ੍ਰੈਕਟਿਸ ਕਰ ਰਹੇ ਵਕੀਲ ਦੇ ਕਾਨੂੰਨੀ ਅਧਿਕਾਰ ਉੱਪਰ ਹਮਲਾ ਹੈ ਅਤੇ ਤਾਮਿਲਨਾਡੂ ਸਰਕਾਰ ਦੀ ਮਿਲੀਭੁਗਤ ਨਾਲ ਸਟਰਲਾਈਟ ਕੰਪਨੀ ਦੀ ਉਸ ਵਲੋਂ ਕੀਤੀ ਜਾ ਰਹੀ ਕਾਨੂੰਨੀ ਪੈਰਵੀ ਨੂੰ ਰੋਕਣ ਦੀ ਡੂੰਘੀ ਸਾਜ਼ਿਸ਼ ਹੈ ਜਿਸਦਾ ਮਨੋਰਥ ਪੀੜਤ ਲੋਕਾਂ ਦੀ ਮਦਦ ਕਰ ਰਹੇ ਵਕੀਲ ਦੀ ਬਾਂਹ ਮਰੋੜਕੇ ਲੋਕ ਸੰਘਰਸ਼ ਨੂੰ ਦਬਾਉਣਾ ਹੈ। ਮੁਲਕ ਦੇ ਵੱਖ-ਵੱਖ ਹਿੱਸਿਆਂ ਵਿਚ ਹੁਕਮਰਾਨਾਂ ਵਲੋਂ ਲੋਕਾਂ ਦੇ ਜਮਹੂਰੀ ਹੱਕਾਂ ਉੱਪਰ ਹਮਲਾ ਦਿਨੋਦਿਨ ਹੋਰ ਵੀ ਵਧੇਰੇ ਤਿੱਖਾ ਹੋ ਰਿਹਾ ਹੈ। ਜਮਹੂਰੀ ਅਤੇ ਲੋਕਪੱਖੀ ਤਾਕਤਾਂ ਨੂੰ ਇਸ ਹਮਲੇ ਵਿਰੁੱਧ ਵਿਆਪਕ ਆਵਾਜ਼ ਉਠਾਉਣ ਲਈ ਇਕਜੁੱਟ ਹੋਕੇ ਵਿਆਪਕ ਆਵਾਜ਼ ਉਠਾਉਣੀ ਚਾਹੀਦੀ ਹੈ।