31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ-ਬੰਦ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ-ਪੱਧਰੀ ਮੀਟਿੰਗ
Posted on:- 21-09-2020
ਸੰਗਰੂਰ : ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਤਿਆਰੀ ਸਬੰਧੀ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਉੱਪਲ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ( ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਿਹਗੜ੍ਹ ਭਾਦਸੋਂ ,ਬਲਜੀਤ ਸਿੰਘ ਜੌਲੀਆਂ ,ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ,ਸਤਵੰਤ ਸਿੰਘ ਖੰਡੇਬਾਦ ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ,ਸੂਬਾ ਆਗੂ ਨਿਰੰਜਨ ਸਿੰਘ ਦੋਹਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਗਸੀਰ ਨਮੋਲ, ਪੰਜਾਬ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਅਮਰੀਕ ਸਿੰਘ ਕਾਂਝਲਾ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਭੀਮ ਸਿੰਘ ਆਲਮਪੁਰ ,ਊਧਮ ਸਿੰਘ ਸੰਤੋਖਪੁਰਾ ,ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਆਗੂ ਦਰਸ਼ਨ ਸਿੰਘ ਕੁੰਨਰਾਂ ,ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਤਬਾਰ ਸਿੰਘ ਬਾਦਸ਼ਾਹਪੁਰ, ਸਤਵੰਤ ਸਿੰਘ ਢਢੋਗਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਵੀਰ ਜਲੂਰ ਸ਼ਾਮਲ ਹੋਏ ।ਮੀਟਿੰਗ ਵਿੱਚ 25 ਸਤੰਬਰ ਨੂੰ ਰੇਲ ਤੇ ਸੜਕੀ ਆਵਾਜਾਈ ਠੱਪ ਕਰਨ ਅਤੇ ਜ਼ਿਲ੍ਹੇ ਦੇ ਸਾਰੇ ਸ਼ਹਿਰ ਤੇ ਕਸਬੇ ,ਮੰਡੀਆਂ ਮੁਕੰਮਲ ਤੌਰ ਤੇ ਸਵੇਰ ਤੋਂ ਸ਼ਾਮ ਦੇ 4 ਵਜੇ ਤੱਕ ਮੁਕੰਮਲ ਤੌਰ ਤੇ ਬੰਦ ਹੋਣਗੇ। ਸਾਰੇ ਆਗੂਆਂ ਦੀ ਸਹਿਮਤੀ ਨਾਲ ਫੈਸਲਾ ਕੀਤਾ ਗਿਆ ਕਿ ਧਰਨਿਆਂ ਦੌਰਾਨ ਸਟੇਜ ਤੋਂ ਕਿਸੇ ਵੀ ਰਾਜਨੀਤਕ ਤੇ ਧਾਰਮਿਕ ਆਗੂ ਨੂੰ ਸਮਾਂ ਨਹੀਂ ਦਿੱਤਾ ਜਾਵੇਗਾ ਤੇ ਕਿਤੇ ਵੀ ਜਬਰੀ ਬੰਦ ਨਹੀਂ ਕਰਵਾਇਆ ਜਾਵੇਗਾ। ਸਾਰੇ ਸ਼ਹਿਰਾਂ ਵਿੱਚ ਜਥੇਬੰਦੀਆਂ ਦੇ ਆਗੂ ਇਕੱਠੇ ਹੋ ਕੇ ਸ਼ਹਿਰੀ ਵਪਾਰੀਆਂ, ਦੁਕਾਨਦਾਰਾਂ, ਮਜ਼ਦੂਰਾਂ, ਆੜ੍ਹਤੀਆਂ , ਟਰੱਕ ਯੂਨੀਅਨਾਂ ਸਮੇਤ ਸਾਰੇ ਲੋਕਾਂ ਨੂੰ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਨਗੇ । ਮੀਟਿੰਗ ਵਿੱਚ ਸਾਰੇ ਸਥਾਨਾਂ ਤੇ ਬੰਦ ਸਬੰਧੀ ਵੱਖ ਵੱਖ ਜਥੇਬੰਦੀਆਂ ਦੀ ਡਿਊਟੀ ਲਾਈ ਗਈ।