Wed, 30 October 2024
Your Visitor Number :-   7238304
SuhisaverSuhisaver Suhisaver

ਜਬਰ ਢਾਹੁਣ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ

Posted on:- 22-04-2020

ਆਨਲਾਈਨ ਸੂਚਨਾ ਪੋਰਟਲਾਂ ਦੇ ਖੋਜੀ ਪੱਤਰਕਾਰਾਂ ਵੱਲੋਂ ਜ਼ਿਲ੍ਹਾ ਮਾਨਸਾ ਦੇ ਪਿੰਡ ਠੂਠਿਆਂਵਾਲੀ ਦੇ ਦਲਿਤ ਵਿਹੜੇ ਉੱਪਰ ਪੁਲਿਸ ਵੱਲੋਂ ਢਾਹੇ ਵਹਿਸ਼ੀ ਜਬਰ ਦੇ ਲੂ-ਕੰਡੇ ਖੜ੍ਹੇ ਕਰਨ ਵਾਲੇ ਤੱਥ ਸਾਹਮਣੇ ਲਿਆਂਦੇ ਗਏ ਹਨ। ਅਖ਼ਬਾਰਾਂ ਦੇ ਸਥਾਨਕ ਐਡੀਸ਼ਨਾਂ ਵਿਚ ਇਸ ਨੂੰ ‘‘ਲੋਕਾਂ ਨੇ ਕਾਨੂੰਨ ਲਿਆ ਹੱਥ ਵਿਚ’ ਬਣਾ ਕੇ ਪੇਸ਼ ਕੀਤਾ ਗਿਆ ਅਤੇ ਇਸ ਨਾਲ ਪੁਲਿਸ ਲਈ ਇਸ ਜਬਰ ਉੱਪਰ ਪਰਦਾ ਪਾਉਣਾ ਸੌਖਾ ਹੋ ਗਿਆ। ਜਦ ਇਹ ਤੱਥ ਜਮਹੂਰੀ ਅਧਿਕਾਰ ਸਭਾ ਦੇ ਧਿਆਨ ਵਿਚ ਆਏ ਤਾਂ ਸੂਬਾਈ ਟੀਮ ਵੱਲੋਂ ‘ਦੀ ਵਾਇਰ’ ਅਤੇ ‘ਸੂਹੀ ਸਵੇਰ ਮੀਡੀਆ’ ਵੱਲੋਂ ਕੀਤੇ ਖ਼ੁਲਾਸਿਆਂ ਦੇ ਮੱਦੇਨਜ਼ਰ ਖ਼ੁਦ ਵੀ ਇਹਨਾਂ ਤੱਥਾਂ ਦੀ ਜਾਂਚ ਕੀਤੀ ਗਈ। ਜਾਂਚ ਵਿਚ ਸਾਹਮਣੇ ਆਇਆ ਕਿ ਪੁਲਿਸ ਦਾ ਹਮਲਾ ਪੂਰੀ ਤਰ੍ਹਾਂ ਬਦਲਾਲਊ ਅਤੇ ਵਿਹੜੇ ਨੂੰ ਸਬਕ ਸਿਖਾਉਣ ਦੀ ਮਾਨਸਿਕਤਾ ਨਾਲ ਅਤੇ ਯੋਜਨਾਬੱਧ ਸੀ। ਪੰਜਾਬ ਦੇ ਇਨਸਾਫ਼ਪਸੰਦ ਅਤੇ ਜਮਹੂਰੀ ਲੋਕਾਂ ਨੂੰ ਇਸ ਵਰਤਾਰੇ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ। ਲੌਕਡਾਊਨ ਲਾਗੂ ਕਰਾਉਣ ਦੇ ਨਾਂ ਹੇਠ ਪੁਲਿਸ ਨੂੰ ਆਮ ਲੋਕਾਂ ਉੱਪਰ ਬੇਤਹਾਸ਼ਾ ਜਬਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਹੁਕਮਰਾਨਾਂ ਵੱਲੋਂ ਮਹਾਂਮਾਰੀ ਨੂੰ ਰੋਕਣ ਦੀ ਕਮਾਨ ਪੁਲਿਸ ਦੇ ਡੰਡੇ ਦੇ ਹੱਥ ਵਿਚ ਦਿੱਤੀ ਗਈ ਹੈ ਜਿਸ ਵੱਲੋਂ ਆਮ ਲੋਕਾਂ ਦੀ ਜ਼ਿੰਦਗੀ ਦੀਆਂ ਮੁਸ਼ਕਲਾਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਬਜਾਏ ਡੰਡੇ ਦੇ ਜ਼ੋਰ ਲੌਕਡਾਊਨ ਲਾਗੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਲੌਕਡਾਊਨ ਦੌਰਾਨ ਪੁਲਿਸ ਵੱਲੋਂ ਆਮ ਲੋਕਾਂ ਉੱਪਰ ਬੇਤਹਾਸ਼ਾ ਜਬਰ ਦਾ ਸਿਲਸਿਲਾ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪੂਰੇ ਪੰਜਾਬ ਵਿਚ ਹੀ ਵੱਖ-ਵੱਖ ਘਟਨਾਵਾਂ ਰਾਹੀਂ ਜਬਰ ਦਾ ਇਕ ਸਾਂਝਾ ਪੈਟਰਨ ਸਾਹਮਣੇ ਆ ਰਿਹਾ ਹੈ। ਇਸ ਦੀ ਇਕ ਸਭ ਤੋਂ ਘਿਣਾਉਣੀ ਮਿਸਾਲ 12 ਅਪ੍ਰੈਲ ਨੂੰ ਮਾਨਸਾ ਜ਼ਿਲੇ ਦੇ ਪਿੰਡ ਠੂਠਿਆਂਵਾਲੀ ਦੀ ਹੈ ਜਿੱਥੇ ਦਲਿਤਾਂ ਦੇ ਘਰਾਂ ਉੱਪਰ ਹਮਲਾ ਕਰਕੇ ਨਾ ਸਿਰਫ਼ ਬੇਕਸੂਰ ਮਰਦਾਂ, ਔਰਤਾਂ ਅਤੇ ਬੱਚਿਆਂ ਉੱਪਰ ਬੇਰਹਿਮੀ ਨਾਲ ਤਸ਼ੱਦਦ ਕੀਤਾ ਗਿਆ ਸਗੋਂ 24 ਜਣਿਆਂ ਉੱਪਰ ਇਰਾਦਾ ਕਤਲ ਅਤੇ ਹਿੰਸਾ ਨਾਲ ਸੰਬੰਧਤ ਹੋਰ ਸੰਗੀਨ ਧਾਰਾਵਾਂ ਲਗਾ ਕੇ ਅਤੇ ਸਰਕਾਰੀ ਅਧਿਕਾਰੀਆਂ ਨੂੰ ਡਿਊਟੀ ਕਰਨ ਤੋਂ ਰੋਕਣ ਦਾ ਝੂਠਾ ਕੇਸ ਪਾ ਕੇ ਜੇਲ ਵਿਚ ਡੱਕ ਦਿੱਤਾ ਗਿਆ।

ਗਿ੍ਰਫ਼ਤਾਰ ਕੀਤੇ ਲੋਕਾਂ ਵਿਚ ਇਕ 13-14 ਸਾਲ ਦਾ ਬੱਚਾ ਵੀ ਹੈ ਜਿਸ ਨੂੰ ਪੁਲਸ ਨੇ ਝੂਠ ਬੋਲ ਕੇ ਬਾਲਗ ਦਿਖਾਇਆ ਹੈ।

ਇਸ ਸ਼ਰਮਨਾਕ ਘਟਨਾ ਦੀ ਸ਼ੁਰੂਆਤ 11 ਅਪ੍ਰੈਲ ਦੇਰ ਸ਼ਾਮ ਨੂੰ ਹੋਈ ਜਦੋਂ ਠੂਠਿਆਂਵਾਲੀ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਆਪਣੇ ਦਲ ਬਲ ਸਮੇਤ ਪਿੰਡ ਦੇ ਦਲਿਤ ਵੇਹੜੇ ਵਿਚ ਆ ਧਮਕਿਆ। ਉਸ ਸਮੇਂ ਕੁਝ ਬੱਚੇ ਅਤੇ ਅਲੂਏਂ ਨੌਜਵਾਨ ਖੇਡ ਰਹੇ ਸਨ ਅਤੇ ਔਰਤਾਂ ਬਾਹਰ ਕੰਮ ਧੰਦੇ ਕਰ ਰਹੀਆਂ ਸਨ ਕਿਉਕਿ ਘਰ ਭੀੜੇ ਹੋਣ ਕਰਕੇ ਬੈਠਣ ਦੀ ਥਾਂ ਨਹੀਂ ਸੀ। ਪੁਲਸ ਨੂੰ ਦੇਖਕੇ ਬੱਚੇ ਅਤੇ ਨੌਜਵਾਨ ਆਪਣੇ ਘਰਾਂ ਵੱਲ ਦੌੜ ਪਏ। ਪੁਲਸ ਵੀ ਉਹਨਾਂ ਦੇ ਪਿੱਛੇ ਦੌੜ ਪਈ। ਥਾਣੇਦਾਰ ਗੁਰਤੇਜ ਸਿੰਘ ਇੱਕ ਬੱਚੇ ਦਾ ਪਿੱਛਾ ਕਰਦਾ ਆਪਣੇ ਸਾਥੀਆਂ ਸਮੇਤ ਜੈਲਾ ਸਿੰਘ ਦੇ ਘਰ ਵੜ ਗਿਆ ਅਤੇ ਜਾਂਦਿਆਂ ਹੀ ਉਸਦੇ ਨਾਬਾਲਗ ਲੜਕੇ ਹਰਪ੍ਰੀਤ ਦੇ ਸਿਰ ਵਿਚ ਜ਼ੋਰ ਨਾਲ ਡੰਡਾ ਮਾਰ ਕੇ ਉਸਨੂੰ ਲਹੂ ਲੁਹਾਣ ਕਰ ਦਿੱਤਾ। ਜਦੋਂ ਪਰਿਵਾਰ ਦੇ ਦੂਜੇ ਮੈਂਬਰ ਉਸਨੂੰ ਬਚਾਉਣ ਲੱਗੇ ਤਾਂ ਪੁਲਸ ਵਾਲਿਆਂ ਨੇ ਉਹਨਾਂ ਨੂੰ ਵੀ ਕੁੱਟਣਾ ਸ਼ੁਰੂ ਕਰ ਦਿੱਤਾ। ਰੌਲਾ ਪੈਣ ਤੇ ਆਂਢ ਗੁਆਂਢ ਤੋਂ ਹੋਰ ਲੋਕ ਇਕੱਠੇ ਹੋ ਗਏ। ਪੁਲਸ ਨੇ ਉਹਨਾਂ ਨਾਲ ਵੀ ਬਦਤਮੀਜ਼ੀ ਕੀਤੀ। ਇਸੇ ਰੌਲੇ ਗੌਲੇ ਚ ਇੱਕ ਵਿਅਕਤੀ ਨੇ ਥਾਣੇਦਾਰ ਨੂੰ ਜ਼ਖ਼ਮੀ ਕਰ ਦਿੱਤਾ। ਲੋਕਾਂ ਦਾ ਇਕੱਠ ਦੇਖ ਕੇ ਪੁਲਸ ਦੀ ਟੀਮ ਉੱਥੋਂ ਚਲੀ ਗਈ। ਇਸ ਦੌਰਾਨ ਪੁਲਸ ਨੇ ਹੋਰ ਵੀ ਕਈ ਘਰਾਂ ਚ ਮੁੰਡਿਆਂ ਅਤੇ ਔਰਤਾਂ ਨੂੰ ਕੁੱਟਿਆ।

ਇਸ ’ਤੇ ਦਲਿਤ ਵਿਹੜੇ ਦੇ ਲੋਕਾਂ ਨੇ ਸੋਚਿਆ ਕਿ ਹੁਣ ਗੱਲ ਨਿੱਬੜ ਗਈ, ਪਲਸ ਵੱਧ ਤੋਂ ਵੱਧ ਉਹਨਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਪਰ ਪੁਲਸ ਦੇ ਮਨਸ਼ੇ ਹੋਰ ਸਨ। ਲੋਕਾਂ ਦੇ ਦੱਸਣ ਅਨੁਸਾਰ ਅਗਲੇ ਦਿਨ ਸਵੇਰੇ 3-4 ਵਜੇ ਦੇ ਕਰੀਬ ਪੁਲਸ ਨੇ ਪੂਰੀ ਤਿਆਰੀ ਨਾਲ 30-35 ਗੱਡੀਆਂ ਵਿਚ ਸਵਾਰ ਹੋ ਕੇ ਪਿੰਡ ਦੀ ਦਲਿਤ ਬਸਤੀ ’ਤੇ ਚੜਾਈ ਕਰ ਦਿੱਤੀ ਅਤੇ ਅਕਹਿ ਜ਼ੁਲਮਾਂ ਦਾ ਝੱਖੜ ਝੁਲਾ ਦਿੱਤਾ। ਹਰ ਇੱਕ ਦਰਵਾਜ਼ਾ, ਚਾਹੇ ਖੁੱਲ੍ਹਾ ਸੀ ਜਾਂ ਬੰਦ, ਜਬਰੀ ਲੰਘ ਕੇ ਪੁਲਸ ਘਰਾਂ ਅੰਦਰ ਜਾ ਵੜੀ ਅਤੇ ਜੋ ਵੀ ਬੱਚਾ, ਬੁੱਢਾ, ਮਰਦ ਜਾਂ ਔਰਤ, ਲੜਕਾ ਜਾਂ ਲੜਕੀ, ਨਜ਼ਰ ਆਇਆ ਨਿਹਾਇਤ ਵਹਿਸ਼ੀ ਢੰਗ ਨਾਲ ਕੁੱਟ ਸੁੱਟਿਆ। ਲਗਭਗ 6੦-7੦ ਵਿਅਕਤੀਆਂ ਨੂੰ ਫੜ ਕੇ ਗੱਡੀਆਂ ਵਿਚ ਚੜਾ ਲਿਆ ਗਿਆ। ਰਾਹ ਵਿਚ ਮਾਨਸਾ ਕੈਂਚੀਆਂ ’ਤੇ ਅਤੇ ਥਾਣੇ ਲਿਜਾ ਕੇ ਉਹਨਾਂ ਨੂੰ ਫੇਰ ਕੁੱਟਿਆ ਅਤੇ ਜ਼ਲੀਲ ਕੀਤਾ ਗਿਆ। ਬਾਅਦ ਵਿਚ ਲਗਭਗ 50 ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 108 ਥਾਣਾ ਸਦਰ ਮਾਨਸਾ ਵਿਚ ਦਰਜ ਕਰ ਲਿਆ ਗਿਆ ਜਿਨ੍ਹਾਂ ਚ 14 ਦੋਸ਼ੀਆਂ ਦੇ ਨਾਮ ਦਿੱਤੇ ਹਨ ਅਤੇ ਬਾਕੀ ਅਣਪਛਾਤੇ ਰੱਖੇ ਹਨ। ਐਫ ਆਈ ਆਰ ਦਲਿਤਾਂ ਦੇ ਘਰਾਂ ’ਤੇ ਰਾਤ ਨੂੰ ਕੀਤੇ ਹਮਲੇ ਬਾਰੇ ਬਿਲਕੁਲ ਚੁੱਪ ਹੈ। ਡਾਕਟਰੀ ਰਿਪੋਰਟ ਅਨੁਸਾਰ ਥਾਣੇਦਾਰ ਦੇ ਕੁਲ ਚਾਰ ਸੱਟਾਂ ਲੱਗੀਆਂ ਹਨ ਜੋ ਸਾਰੀਆਂ ਹੀ ਬਲੰਟ ਹਨ ਅਤੇ ਐਕਸ ਰੇ ਕਰਵਾਉਣ ਲਈ ਰੱਖੀਆਂ ਹਨ। ਇਸ ਦੇ ਬਾਵਜੂਦ ਵੀ ਇਰਾਦਾ ਕਤਲ (ਧਾਰਾ 307) ਲਾ ਦਿੱਤੀ ਗਈ ਹੈ।

ਪੁਲਸ ਨੇ ਪਿੰਡ ਨੂੰ ਚਾਰੇ ਪਾਸੇ ਤੋਂ ਸੀਲ ਕਰ ਦਿੱਤਾ ਤਾਂ ਜੋ ਘਟਨਾ ਦੀ ਭਾਫ਼ ਵੀ ਬਾਹਰ ਨਾ ਨਿੱਕਲੇ। ਦੂਜੇ ਪਾਸੇ ਗਰੀਬ ਦਲਿਤ ਪਰਿਵਾਰਾਂ ਲਈ ਪਿੰਡ ਦੇ ਇੱਕ ਡੇਰੇ ਵੱਲੋਂ ਚਲਾਇਆ ਜਾ ਰਿਹਾ ਲੰਗਰ ਵੀ ਬੰਦ ਕਰਵਾ ਦਿੱਤਾ ਹੈ ਤਾਂ ਜੋ ਉਹ ਭੁੱਖ ਨਾਲ ਮਰਨ।
ਇਹ ਬਹੁਤ ਹੀ ਚਿੰਤਾਜਨਕ ਹੈ ਕਿ ਮਹਾਂਮਾਰੀ ਦੇ ਗੰਭੀਰ ਸੰਕਟ ਦੌਰਾਨ ਵੀ ਪੁਲਿਸ ਆਮ ਲੋਕਾਂ ਨਾਲ ਬੇਕਿਰਕ ਬਸਤੀਵਾਦੀ ਮਾਨਸਿਕਤਾ ਨਾਲ ਪੇਸ਼ ਆ ਰਹੀ ਹੈ ਜਦਕਿ ਇਸ ਸੰਕਟ ਦੀ ਘੜੀ ਘੋਰ ਬੇਕਾਰੀ ਅਤੇ ਬੇਹੱਦ ਤੰਗੀ-ਤਰੁਸ਼ੀਆਂ ਦਾ ਸਾਹਮਣਾ ਕਰ ਰਹੇ ਨਾਗਰਿਕਾਂ, ਖ਼ਾਸ ਕਰਕੇ ਹਾਸ਼ੀਆਗ੍ਰਸਤ ਗ਼ਰੀਬ ਅਤੇ ਦਲਿਤ ਹਿੱਸਿਆਂ ਨਾਲ ਡੂੰਘੀ ਹਮਦਰਦੀ ਨਾਲ ਪੇਸ਼ ਆਉਣ ਦੀ ਵਿਸ਼ੇਸ਼ ਲੋੜ ਹੈ। ਦਰਅਸਲ, ਇਸ ਪਿੰਡ ਦੇ ਇਕ ਵਿਅਕਤੀ ਵੱਲੋਂ ਪੁਲਿਸ ਉੱਪਰ ਕਥਿਤ ਤੌਰ ‘ਤੇ ਹਮਲਾ ਕਰਨ ਤੋਂ ਭੜਕਾਹਟ ਵਿਚ ਆ ਕੇ ਅਗਲੇ ਦਿਨ ਜਿਸ ਤਰੀਕੇ ਨਾਲ ਪੂਰੇ ਦਲਿਤ ਮੁਹੱਲੇ ਉੱਪਰ ਧਾਵਾ ਬੋਲਕੇ ਅੰਧਾਧੁੰਦ ਤਸ਼ੱਦਦ ਕੀਤਾ ਗਿਆ ਉਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਇਹ ਬਦਲਾਲਊ ਭਾਵਨਾ ਨਾਲ ਅਤੇ ਲੋਕਾਂ ਨੂੰ ਸਬਕ ਸਿਖਾਉਣ ਦੇ ਮਨਸ਼ੇ ਨਾਲ ਕੀਤੀ ਗਈ ਗਿਣੀ-ਮਿੱਥੀ ਯੋਜਨਾਬੱਧ ਕਾਰਵਾਈ ਸੀ। ਪੁਲਿਸ ਦੇ ਬਦਲਾਲਊ ਹਿੰਸਕ ਵਤੀਰੇ ਦੀ ਇਹ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਪਟਿਆਲਾ ਵਿਚ ਕੁਝ ਨਿਹੰਗਾਂ ਵੱਲੋਂ ਪੁਲਿਸ ਨਾਲ ਟਕਰਾਓ ਵਿਚ ਆਉਣ ’ਤੇ ਵੀ ਇਸੇ ਤਰਾਂ ਦਾ ਵਤੀਰਾ ਸਾਹਮਣੇ ਆਇਆ ਸੀ ਜਦ ਕਥਿਤ ਦੋਸ਼ੀਆਂ ਦੇ ਨਾਲ ਨਾਲ ਹੋਰ ਬੇਕਸੂਰ ਲੋਕਾਂ ਨੂੰ ਅੰਧਾਧੁੰਦ ਹਿਰਾਸਤ ਵਿਚ ਲੈ ਕੇ ਬੇਤਹਾਸ਼ਾ ਜਬਰ ਕੀਤਾ ਗਿਆ ਜਿਹਨਾਂ ਦਾ ਉਸ ਕਾਂਡ ਨਾਲ ਦੂਰ ਦਾ ਵੀ ਵਾਸਤਾ ਨਹੀਂ ਸੀ। ਚੰਡੀਗੜ ਵਿਚ ਆਪਣੀ ਡਿਊਟੀ ‘ਤੇ ਜਾ ਰਹੇ ਇਕ ਸੀਨੀਅਰ ਪੱਤਰਕਾਰ ਨੂੰ ਥਾਣੇਦਾਰ ਵੱਲੋਂ ਨਾ ਸਿਰਫ਼ ਗਾਲੀਗਲੋਚ ਕੀਤਾ ਗਿਆ ਸਗੋਂ ਹਿਰਾਸਤ ਵਿਚ ਲੈਣ ਤੋਂ ਬਾਦ ਥਾਣੇ ਲਿਜਾ ਕੇ ਜ਼ਲੀਲ ਕੀਤਾ ਗਿਆ ਅਤੇ ਪ੍ਰਕਾਸ਼ਨ ਸਮੂਹ ਵੱਲੋਂ ਦਬਾਓ ਪਾਏ ਜਾਣ ‘ਤੇ ਉੱਚ ਪੁਲਿਸ ਅਧਿਕਾਰੀਆਂ ਦੇ ਦਖ਼ਲ ਦੇਣ ਤੋਂ ਬਾਦ ਹੀ ਰਿਹਾਅ ਕੀਤਾ ਗਿਆ। ਇਸੇ ਤਰਾਂ ਬਲਾਚੌਰ ਵਿਚ ਆਪਣੇ ਖੇਤ ਨੂੰ ਜਾ ਰਹੇ ਇਕ ਵਕੀਲ ਐਡਵੋਕੇਟ ਰੰਜਨ ਸੂਦ ਨੂੰ ਨਾ ਸਿਰਫ਼ ਪੁਲਿਸ ਵੱਲੋਂ 100 ਬੈਠਕਾਂ ਕੱਢਣ ਦੀ ਸਜ਼ਾ ਦੇ ਕੇ ਜਨਤਕ ਤੌਰ ‘ਤੇ ਜ਼ਲੀਲ ਕੀਤਾ ਗਿਆ ਸਗੋਂ ਉਸ ਦੇ ਖ਼ਿਲਾਫ਼ ਕਰਫਿਊ ਦੀ ਉਲੰਘਣਾ ਕਰਨ ਦੀ ਝੂਠੀ ਐੱਫ.ਆਈ.ਆਰ. ਵੀ ਦਰਜ ਕਰ ਲਈ ਗਈ।

ਸਭਾ ਮੰਗ ਕਰਦੀ ਹੈ ਕਿ ਠੂਠਿਆਂਵਾਲੀ ਦੇ ਜੇਲ ਵਿਚ ਡੱਕੇ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਉਹਨਾਂ ਉੱਪਰ ਦਰਜ ਕੀਤਾ ਝੂਠਾ ਕੇਸ ਵਾਪਸ ਲਿਆ ਜਾਵੇ ਅਤੇ ਇਸ ਤਸ਼ੱਦਦ ਕਾਂਡ ਨੂੰ ਅੰਜਾਮ ਦੇਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਸਸਪੈਂਡ ਕਰਕੇ ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸਭਾ ਇਹ ਮੰਗ ਫਿਰ ਦੁਹਰਾਉਂਦੀ ਹੈ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਦੀ ਕਮਾਨ ਪੁਲਿਸ ਤੋਂ ਲੈ ਕੇ ਸਿਹਤ ਮਹਿਕਮੇ ਨੂੰ ਸੌਂਪੀ ਜਾਵੇ, ਪੁਲਿਸ ਰਾਜ ਬੰਦ ਕੀਤਾ ਜਾਵੇ ਅਤੇ ਆਮ ਲੋਕਾਂ ਤੋਂ ਮਹਾਂਮਾਰੀ ਦੀ ਰੋਕਥਾਮ ਲਈ ਲਾਜ਼ਮੀ ਪੇਸ਼ਬੰਦੀਆਂ ਦੀ ਪਾਲਣਾ ਕਰਾਉਣ ਲਈ ਡੰਡੇ ਦੇ ਰਾਜ ਦੀ ਪਹੁੰਚ ਤਿਆਗੀ ਜਾਵੇ। ਕਰੋਨਾ ਬਾਰੇ ਜਾਗਰੂਕਤਾ ਲਿਆਉਣ ਲਈ ਪ੍ਰੇਰਿਤ ਕਰਨ ਵਾਲਾ ਤਰੀਕਾ ਅਪਣਾਇਆ ਜਾਵੇ ਅਤੇ ਹਫ਼ਤਿਆਂ ਤੋਂ ਭੀੜੇ ਘਰਾਂ ਵਿਚ ਡੱਕੇ ਸਾਧਨਹੀਣ, ਬੇਵੱਸ ਲੋਕਾਂ ਦੀਆਂ ਰੋਜ਼ਮਰਾ ਜ਼ਿੰਦਗੀਆਂ ਦੀਆਂ ਗੰਭੀਰ ਸਮੱਸਿਆਵਾਂ ਨੂੰ ਵੀ ਧਿਆਨ ਵਿਚ ਰੱਖਿਆ ਜਾਵੇ।

ਭਾਰਤ ਦੇ ਹੁਕਮਰਾਨਾਂ ਨੂੰ ਉਹਨਾਂ ਮੁਲਕਾਂ ਦੇ ਤਜ਼ਰਬੇ ਤੋਂ ਸਿੱਖਣਾ ਚਾਹੀਦਾ ਹੈ ਜਿਹਨਾਂ ਨੇ ਇਸ ਮਹਾਂਮਾਰੀ ’ਤੇ ਕਾਬੂ ਪਾਇਆ ਹੈ। ਮਹਾਂਮਾਰੀ ਦੇ ਸੰਕਟ ਨਾਲ ਨਜਿੱਠਣ ਲਈ ਜਨਤਕ ਜਾਗਰੂਕਤਾ ਰਾਹੀਂ ਕਮਿਊਨਿਟੀ ਦੀ ਸਰਗਰਮ ਹਿੱਸੇਦਾਰੀ, ਜਨਤਕ ਪੈਮਾਨੇ ’ਤੇ ਟੈਸਟਿੰਗ ਦੀ ਵਿਵਸਥਾ ਅਤੇ ਜੋ ਵਿਅਕਤੀ ਇਨਫੈਕਸ਼ਨ ਦੀ ਲਪੇਟ ਵਿਚ ਆ ਚੁੱਕੇ ਹਨ ਉਹਨਾਂ ਦੀ ਉਚਿਤ ਦੇਖਭਾਲ ਲਈ ਫਰੀ ਐਮਰਜੈਂਸੀ ਸਿਹਤ ਸੇਵਾਵਾਂ ਦੀ ਵਿਵਸਥਾ ਕਰਨਾ ਜ਼ਰੂਰੀ ਹੈ ਜੋ ਹਰ ਨਾਗਰਿਕ ਦੀ ਪਹੁੰਚ ਵਿਚ ਹੋਣ।
                              
                             
ਵੱਲੋਂ: ਪ੍ਰੋਫੈਸਰ ਏ.ਕੇ.ਮਲੇਰੀ ਸੂਬਾ ਪ੍ਰਧਾਨ, ਪ੍ਰੋਫੈਸਰ ਜਗਮੋਹਣ ਸਿੰਘ ਜਨਰਲ ਸਕੱਤਰ                 

Comments

Security Code (required)



Can't read the image? click here to refresh.

Name (required)

Leave a comment... (required)





ਖ਼ਬਰਸਾਰ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ