ਸੰਗਰੂਰ : 14 ਸਤੰਬਰ ਨੂੰ ਪਾਰਲੀਮੈਂਟ ਦੇ ਮੌਨਸੂਨ ਸ਼ੈਸ਼ਨ ਦੇ ਸ਼ੁਰੂਆਤੀ ਦਿਨ ਦੇਸ਼ ਭਰ ਦੀਆਂ ਕਰੀਬ 250 ਜਥੇਬੰਦੀਆਂ ਦੀ ਸਾਂਝੀ 'ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ' ਵੱਲੋਂ ਰੋਸ-ਮੁਜ਼ਾਹਰਿਆਂ ਦਾ ਸੱਦਾ ਦਿੱਤਾ ਗਿਆ ਹੈ। ਕਮੇਟੀ 'ਚ ਸ਼ਾਮਿਲ ਪੰਜਾਬ ਦੀਆਂ 10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਉਪਰੰਤ ਕਾਰਵਾਈ ਸਾਂਝੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਸੂਬਾ-ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪਾਰਲੀਮੈਂਟ ਦੇ ਸੈਸ਼ਨ ਦੇ ਪਹਿਲੇ ਦਿਨ 14 ਸਤੰਬਰ ਨੂੰ ਪਾਰਲੀਮੈਂਟ ਦੇ ਸਾਹਮਣੇ ਕੌਮੀ ਵਰਕਿੰਗ ਗਰੁੱਪ ਦੀ ਅਗਵਾਈ 'ਚ ਕਿਸਾਨ ਸੰਕੇਤਕ ਰੋਸ-ਮੁਜ਼ਾਹਰਾ ਕਰਨ ਦੇ ਨਾਲ-ਨਾਲ ਪੰਜਾਬ ਵਿੱਚ 5 ਥਾਵਾਂ ਅੰਮ੍ਰਿਤਸਰ, ਫਗਵਾੜਾ, ਬਰਨਾਲਾ, ਪਟਿਆਲਾ ਅਤੇ ਮੋਗਾ ਵਿਖੇ ਵਿਸ਼ਾਲ ਕਿਸਾਨ ਰੈਲੀਆਂ ਕੀਤੀਆ ਜਾਣਗੀਆਂ ਅਤੇ 3 ਖੇਤੀ-ਆਰਡੀਨੈਂਸਾਂ ਸਮੇਤ ਬਿਜਲੀ-ਐਕਟ-2020 ਤੁਰੰਤ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।